ਭੂਖੜੀ ਕਲਾਂ, ਲੁਧਿਆਣਾ (14 ਜਨਵਰੀ 2025): ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪੰਜਾਬ ਦੇ ਖਨੌਰੀ ਬਾਰਡਰ ‘ਤੇ ਪਿਛਲੇ 48 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਹਨ। ਇਸ ਸਥਿਤੀ ਦੇ ਮੱਦੇਨਜ਼ਰ ਭਾਜਪਾ ਦੇ ਕੌਮੀ ਕਿਸਾਨ ਆਗੂ ਸੁੱਖਮਿੰਦਰਪਾਲ ਸਿੰਘ ਗਰੇਵਾਲ ਭੂਖੜੀ ਕਲਾਂ ਨੇ ਗੰਭੀਰ ਚਿੰਤਾ ਪ੍ਰਗਟਾਈ ਹੈ।
ਗਰੇਵਾਲ ਨੇ ਦੋ ਅਹਿਮ ਮੰਗਾਂ ਰੱਖੀਆਂ ਹਨ। ਪਹਿਲਾਂ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਨਿੱਜੀ ਦਖਲ ਦੀ ਅਪੀਲ ਕੀਤੀ ਹੈ। ਦੂਜਾ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੋਂ ਮੰਗ ਕੀਤੀ ਗਈ ਹੈ ਕਿ ਇਸ ਸਬੰਧੀ ਹੁਕਮਨਾਮਾ ਜਾਰੀ ਕੀਤਾ ਜਾਵੇ ਕਿਉਂਕਿ ਮਰਨ ਵਰਤ ਸਿੱਖ ਧਰਮ ਦੇ ਸਿਧਾਂਤਾਂ ਦੇ ਉਲਟ ਹੈ। ਪੰਜਾਬ ਦੀ ਮਹੱਤਤਾ ਨੂੰ ਰੇਖਾਂਕਿਤ ਕਰਦਿਆਂ ਭਾਜਪਾ ਆਗੂ ਨੇ ਕਿਹਾ ਕਿ ਪੰਜਾਬੀਆਂ ਦਾ ਸਮਰਥਨ ਕਿਸੇ ਵੀ ਸਾਮਰਾਜ ਨੂੰ ਮਜ਼ਬੂਤ ਕਰ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਉਹ ਪਹਿਲਾਂ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੱਤਰ ਸੌਂਪ ਚੁੱਕੇ ਹਨ ਅਤੇ ਅਗਲੇ ਹਫ਼ਤੇ ਦਿੱਲੀ ਵਿਖੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਮਿਲ ਕੇ ਕਿਸਾਨਾਂ ਦੀਆਂ ਮੰਗਾਂ ਬਾਰੇ ਵਿਚਾਰ ਕਰਨਗੇ। ਗਰੇਵਾਲ ਨੇ ਗੰਭੀਰ ਚਿਤਾਵਨੀ ਦਿੰਦਿਆਂ ਕਿਹਾ ਕਿ ਡੱਲੇਵਾਲ ਦਾ ਜੀਵਨ ਸਰਵਉੱਚ ਹੈ। ਉਨ੍ਹਾਂ ਅਨੁਸਾਰ ਜੇਕਰ ਕਿਸਾਨ ਆਗੂ ਨੂੰ ਕੁਝ ਹੋਇਆ ਤਾਂ ਇਹ ਪੰਜਾਬ ‘ਤੇ ਇਕ ਨਾ ਮਿਟਣ ਵਾਲਾ ਕਲੰਕ ਹੋਵੇਗਾ ਅਤੇ ਪੰਜਾਬ ਹਾਲਾਤ ਬਹੁਤ ਹੀ ਜਿਆਦਾ ਵਿਗੜ ਸਕਦੇ ਹਨ।
